ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਐਲਾਨੇ ਗਏ ਲਖਬੀਰ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਲਖਬੀਰ ਸਿੰਘ ਤੇ ਉਸ ਦੇ ਸਾਥੀਆਂ ਯਾਦਵਿੰਦਰ ਸਿੰਘ, ਹਰਜਿੰਦਰ ਸਿੰਘ ਸੰਧੂ ਉਰਫ ਰਿੰਦਾ, ਸਤਨਾਮ ਸਿੰਘ ਸੱਤਾ, ਪਰਮਿੰਦਰ ਸਿੰਘ ਖਹਿਰਾ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਐੱਨਆਈਏ ਨੇ ਲਖਬੀਰ ਸਿੰਘ ’ਤੇ 15 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।
ਐੱਨਆਈਏ ਨੇ ਸਾਰੇ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਦੀ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਸ਼ੁਰੂ ਹੋਈ ਸੀ। ਅਦਾਲਤ ਨੇ ਲਖਬੀਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਸਮਾਂ ਪੂਰਾ ਹੋਣ ਦੇ ਬਾਅਦ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਪੁਲਿਸ ਮੁਤਾਬਿਕ 2017 ਵਿਚ ਮੁਲਜ਼ਮ ਵਿਦੇਸ਼ ਭੱਜ ਗਿਆ ਸੀ ਤੇ ਸਾਲ 2021 ਵਿਚ ਉਸ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਪੰਜਾਬ ਪੁਲਿਸ ਮੁਤਾਬਿਕ ਲਖਬੀਰ ਸਿੰਘ ਆਪਣਾ ਨੈੱਟਵਰਕ ਕੈਨੇਡਾ ਤੋਂ ਚਲਾ ਰਿਹਾ ਹੈ। ਉਹ ਆਪਣੇ ਗੁਰਗੇ ਵਰਤ ਕੇ ਕਾਂਟਰੈਕਟ ਕਿਲਿੰਗ, ਫਿਰੌਤੀ, ਜਬਰੀ ਵਸੂਲੀ ਦਾ ਕੰਮ ਕਰਦਾ ਹੈ। ਪੰਜਾਬ ਪੁਲਿਸ ਵੱਲੋਂ ਲਖਬੀਰ ਸਿੰਘ ਦਾ ਡੋਜ਼ੀਅਰ ਤਿਆਰ ਕੀਤਾ ਗਿਆ ਹੈ। ਇਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਸ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਮੁਲਜ਼ਮ ਦਾ ਸਬੰਧ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨਾਲ ਹੋ ਜੋ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਾਥੀ ਹੈ।